ਅੱਗ ਲਾਉਣ ਨਾਲ ਖੇਤਾਂ ਦੇ ਜੀਵ-ਜੰਤੂਆਂ, ਪਸ਼ੂ-ਪੰਛੀਆਂ ਅਤੇ ਮਨੁੱਖਤਾ ਦੀ ਸਿਹਤ ’ਤੇ ਪੈਂਦਾ ਹੈ ਬਹੁਤ ਬੁਰਾ ਅਸਰ

बटाला

ਰਾਵੀ ਨਿਊਜ ਬਟਾਲਾ

ਉੱਘੇ ਸਮਾਜ ਸੇਵਕ ਮਾਸਟਰ ਜੋਗਿੰਦਰ ਸਿੰਘ ਅੱਚਲੀਗੇਟ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਅਪੀਲ ਕਰਦਿਆਂ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ ਨੇ ਕਿਹਾ ਕਿ ਪਰਾਲੀ ਸਾੜਣ ਨਾਲ ਅੱਗ ਦੀਆਂ ਲਪਟਾਂ ਵਿੱਚ ਇਕੱਲੇ ਜੀਵ-ਜੰਤੂਆਂ ਦਾ ਹੀ ਖਾਤਮਾ ਨਹੀਂ ਹੁੰਦਾ, ਸਗੋਂ ਕਈ ਵਾਰ ਮਨੁੱਖੀ ਜਾਨਾਂ ਵੀ ਅਜਾਈਂ ਚਲੀਆਂ ਜਾਂਦੀਆਂ ਹਨ। ਪ੍ਰਦੂਸ਼ਿਤ ਹਵਾ ਕਾਰਨ ਸਾਡੇ ਬੱਚਿਆਂ ਤੇ ਬਜ਼ੁਰਗਾਂ ਨੂੰ ਅਨੇਕਾਂ ਤਰਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨਾਂ ਕਿਹਾ ਕਿ ਅੱਗ ਲਾਉਣ ਨਾਲ ਸਾਡਾ ਵਾਤਾਵਰਨ ਪੂਰੀ ਤਰਾਂ ਪਲੀਤ ਹੋ ਜਾਂਦਾ ਹੈ, ਜਿਸ ਨਾਲ ਸਾਹ ਲੈਣਾ ਵੀ ਔਖਾ ਹੁੰਦਾ ਹੈ। ਇਸ ਨਾਲ ਖੇਤਾਂ ਦੇ ਜੀਵ-ਜੰਤੂਆਂ, ਪਸ਼ੂ-ਪੰਛੀਆਂ ਅਤੇ ਮਨੁੱਖਤਾ ਦੀ ਸਿਹਤ ’ਤੇ ਬਹੁਤ ਬੁਰਾ ਅਸਰ ਪੈਂਦਾ ਹੈ।

ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ ਨੇ ਕਿਹਾ ਕਿ ਖੇਤਾਂ ਵਿੱਚ ਪਰਾਲੀ ਸਾੜਣ ਨਾਲ ਕੀਮਤੀ ਖੁਰਾਕੀ ਤੱਤਾਂ ਦਾ ਨੁਕਸਾਨ ਹੁੰਦਾ ਹੈ ਅਤੇ ਅਜਿਹੇ ਤੱਤ ਨਸ਼ਟ ਹੋਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੱਡੀ ਢਾਹ ਲੱਗਦੀ ਹੈ। ਸੜਕਾਂ ਦੇ ਆਲੇ-ਦੁਆਲੇ ਲੱਗੇ ਰੁੱਖਾਂ ਨੂੰ ਨੁਕਸਾਨ ਪਹੁੰਚਦਾ ਹੈ। ਹਰੇਕ ਸਾਲ ਧੂੰਏਂ ਕਾਰਨ ਸੜਕ ਹਾਦਸੇ ਵਾਪਰਦੇ ਹਨ ਜਿਸ ਵਿੱਚ ਸਾਡੇ ਹੀ ਭੈਣ-ਭਰਾ ਬਿਨਾਂ ਕਿਸੇ ਕਸੂਰ ਤੋਂ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ। ਉਨਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਕਿਸਾਨਾਂ ਦੇ ਹਿੱਤ ਵਿੱਚ ਤਾਂ ਬਿਲਕੁਲ ਵੀ ਨਹੀਂ ਹੈ ਸਗੋਂ ਮਿੱਤਰ ਕੀੜਿਆਂ ਨੂੰ ਖਤਮ ਕਰਕੇ ਉਲਟਾ ਆਪਣਾ ਨੁਕਸਾਨ ਹੀ ਕਰ ਰਹੇ ਹਾਂ। ਉਨਾਂ ਕਿਹਾ ਕਿ ਖੇਤੀ ਮਾਹਿਰਾਂ ਨੇ ਵੀ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਵਾਰ-ਵਾਰ ਕੀਤੀ ਹੈ ਤਾਂ ਕਿ ਸਮੁੱਚੀ ਕਾਇਨਾਤ ਨੂੰ ਇਸ ਦੇ ਮਾਰੂ ਪ੍ਰਭਾਵ ਤੋਂ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਕੁਝ ਸਾਲ ਪਹਿਲਾਂ ਪਰਾਲੀ ਦੇ ਨਿਪਟਾਰੇ ਲਈ ਢੁਕਵੀਂ ਮਸ਼ੀਨਰੀ ਨਹੀਂ ਸੀ ਹੁੰਦੀ ਪਰ ਹੁਣ ਤਾਂ ਪਰਾਲੀ ਨੂੰ ਖੇਤਾਂ ਵਿੱਚ ਖਪਾਉਣ ਲਈ ਖੇਤੀ ਮਸ਼ੀਨਰੀ ਵੀ ਮੌਜੂਦ ਹੈ। ਪਿਛਲੇ ਸਾਲਾਂ ਵਿੱਚ ਬਹੁਤ ਸਾਰੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਾ ਕੇ ਸਮਾਜ ਅੱਗੇ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ ਅਤੇ ਬਾਕੀ ਕਿਸਾਨਾਂ ਨੂੰ ਇਸੇ ਰਾਹ ’ਤੇ ਚੱਲ ਕੇ ਵਾਤਾਵਰਨ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਮਾਸਟਰ ਜੋਗਿੰਦਰ ਸਿੰਘ ਅੱਚਲੀਗੇਟ ਨੇ ਕਿਹਾ ਕਿ ਜੇਕਰ ਕਿਸਾਨ ਫਸਲ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਖਪਾ ਦੇਣ ਤਾਂ ਇਸ ਨਾਲ ਜਿੱਥੇ ਜ਼ਮੀਨ ਦੀ ਗੁਣਵੱਤਾ ਵਧੇਗੀ, ਉਥੇ ਬੇਤਹਾਸ਼ਾ ਖਾਦਾਂ ਪਾਉਣ ਦੇ ਰੁਝਾਨ ਨੂੰ ਵੀ ਠੱਲ ਪਵੇਗੀ। ਉਨਾਂ ਕਿਹਾ ਕਿ ਇਸੇ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਨਿਪਟਾਰੇ ਲਈ ਹੈਪੀ ਸੀਡਰ, ਪੈਡੀ ਚੌਪਰ ਵਰਗੇ ਖੇਤੀ ਸੰਦ ਸਬਸਿਡੀ ’ਤੇ ਦਿੱਤੇ ਜਾ ਰਹੇ ਹਨ।    

Leave a Reply

Your email address will not be published. Required fields are marked *