ਰਾਵੀ ਨਿਊਜ ਚੰਡੀਗੜ੍ਹ
ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਖੇਡ ਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਜਨਜਾਤੀਆਂ ਲਈ ਰਾਖਵੇਂਕਰਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਠਾਕੁਰ ਨੇ ਕਿਹਾ ਕਿ ਕੇਜਰੀਵਾਲ ਅਕਸਰ ਮੀਟਿੰਗਾਂ ਦੌਰਾਨ ਕਹਿੰਦੇ ਹਨ ਕਿ ਉਹ ਐਸਸੀ/ਐਸਟੀ ਕੋਟਾ ਖ਼ਤਮ ਕਰ ਦੇਣਗੇ, ਜਿਹੜਾ ਨਾ ਸਿਰਫ਼ ਗ਼ੈਰ ਸੰਵਿਧਾਨਕ ਹੈ, ਬਲਕਿ ਇਹ ਦੇਸ਼ ਦੀ ਐਸਸੀ/ਐਸਟੀ ਆਬਾਦੀ ਨਾਲ ਵੱਡੀ ਬੇਇਨਸਾਫ਼ੀ ਹੋਵੇਗੀ। ਹਾਲਾਂਕਿ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕੇਜਰੀਵਾਲ ਨੂੰ ਅਜਿਹਾ ਕਰਨ ਦਾ ਮੌਕਾ ਕਦੇ ਨਹੀਂ ਮਿਲੇਗਾ, ਕਿਉਂਕਿ ਉਨ੍ਹਾਂ ਦੀ ਪਾਰਟੀ ਕਿਤੇ ਵੀ ਚੋਣਾਂ ਜਿੱਤਣ ਵਾਲੀ ਨਹੀਂ ਹੈ।
ਅਨੁਰਾਗ ਠਾਕੁਰ ਨੇ ‘ਆਪ’ ਦੇ ਅਰਵਿੰਦ ਐਂਟੀ ਪੰਜਾਬ ਕਰਾਰ ਦਿੰਦਿਆਂ ਪੰਜਾਬੀਆਂ ਤੋਂ ਵੋਟਾਂ ਮੰਗਣ ‘ਚ ਕੇਜਰੀਵਾਲ ਦੀ ਭਰੋਸੇਯੋਗਤਾ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦੇ ਖਿਲਾਫ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪਿਛਲੇ 8 ਸਾਲਾਂ ਦੌਰਾਨ ਆਪਣੀ ਦਿੱਲੀ ਸਰਕਾਰ ਦੇ ਮੰਤਰੀ ਮੰਡਲ ਵਿੱਚ ਕਿਸੇ ਪੰਜਾਬੀ ਜਾਂ ਕਿਸੇ ਸਿੱਖ ਅਤੇ ਇੱਥੋਂ ਤੱਕ ਕਿ ਕਿਸੇ ਔਰਤ ਨੂੰ ਵੀ ਨਿਯੁਕਤ ਨਹੀਂ ਕੀਤਾ। ਉਨ੍ਹਾਂ ਨੇ ਸਮਾਜ ਨੂੰ ਵੰਡਣ ਦੇ ਕੇਜਰੀਵਾਲ ਦੇ ਏਜੰਡੇ ਵਿਰੁੱਧ ਲੋਕਾਂ ਨੂੰ ਚੇਤਾਵਨੀ ਵੀ ਦਿੱਤੀ, ਜਿਸਦਾ ਖੁਲਾਸਾ ਹਾਲ ਹੀ ਵਿੱਚ ਉਸਦੇ ਸਾਬਕਾ ਸਹਿਯੋਗੀ ਅਤੇ ਪ੍ਰਸਿੱਧ ਕਵੀ ਕੁਮਾਰ ਵਿਸ਼ਵਾਸ ਨੇ ਕੀਤਾ ਸੀ।ਅਨੁਰਾਗ ਠਾਕੁਰ ਨੇ ਆਮ ਆਦਮੀ ਪਾਰਟੀ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵਿਆਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਭਗਵੰਤ ਮਾਨ ਵਰਗਾ ਵਿਅਕਤੀ ਉਨ੍ਹਾਂ ਦਾ ਮੁੱਖ ਮੰਤਰੀ ਉਮੀਦਵਾਰ ਹੈ ਤਾਂ ਇਹ ਨਸ਼ਾ ਮੁਕਤ ਪੰਜਾਬ ਨਹੀਂ ਸਗੋਂ ਨਸ਼ਾ ਮੁਫਤ ਪੰਜਾਬ ਹੋ ਸਕਦਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਲੋਕ-ਪੱਖੀ ਏਜੰਡੇ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਚੰਨੀ ਕਾਂਗਰਸ ਦੇ ਪਾੜੋ ਤੇ ਰਾਜ ਕਰੋ ਦੇ ਸਿਧਾਂਤ ‘ਤੇ ਕੰਮ ਕਰ ਰਹੇ ਹਨ, ਜਿਸ ਨਾਲ ਵੱਖ-ਵੱਖ ਸੂਬਿਆਂ ਦੇ ਲੋਕਾਂ ‘ਚ ਫੁੱਟ ਪੈ ਰਹੀ ਹੈ।
ਅਨੁਰਾਗ ਠਾਕੁਰ ਨੇ ਚੰਨੀ ਵੱਲੋਂ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਲੋਕਾਂ ਖਿਲਾਫ ਵਰਤੇ ਗਏ ਅਪਮਾਨਜਨਕ ਸ਼ਬਦਾਂ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਚੰਨੀ ਨੇ ਨਾ ਸਿਰਫ਼ ਇਨ੍ਹਾਂ ਦੋਵਾਂ ਰਾਜਾਂ ਦੇ ਲੋਕਾਂ ਦਾ ਅਪਮਾਨ ਕੀਤਾ ਹੈ, ਸਗੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਜਿਨ੍ਹਾਂ ਦਾ ਜਨਮ ਪਟਨਾ ਸਾਹਿਬ ਅਤੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਬਨਾਰਸ ਵਿਖੇ ਹੋਇਆ ਸੀ, ਦਾ ਵੀ ਅਪਮਾਨ ਕੀਤਾ ਹੈ। ਠਾਕੁਰ ਨੇ ਕਿਹਾ ਕਿ ਪੰਜਾਬ ਵਿੱਚ ਹਿੰਦੂ-ਸਿੱਖ ਏਕਤਾ ਲਈ ਭਾਜਪਾ ਨੇ ਹੀ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਨਾ ਸਿਰਫ਼ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ, ਸਗੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਵੀ ਦਿਵਾਈਆਂ।