ਡਿਪਟੀ ਕਮਿਸ਼ਨਰ ਨੇ ਲਗਾਇਆ ਜਨਤਾ ਦਰਬਾਰ, ਜ਼ੂਮ ਐਪ ਜਰੀਏ ਆਨ-ਲਾਈਨ ਸੁਣੀਆਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ

बटाला

ਰਾਵੀ ਨਿਊਜ ਬਟਾਲਾ (ਸਰਵਨ ਸਿੰਘ ਕਲਸੀ)

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲ੍ਹਾ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਅੱਜ ਜ਼ੂਮ ਐਪ ਜਰੀਏ ਆਨ-ਲਾਈਨ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਅੱਜ ਦੀ ਆਨ-ਲਾਈਨ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਤੋਂ ਲੋਕਾਂ ਨੇ ਸ਼ਮੂਲੀਅਤ ਕੀਤੀ।

ਜ਼ੂਮ ਮੀਟਿੰਗ ਦੌਰਾਨ ਜ਼ਿਲ੍ਹਾ ਵਾਸੀਆਂ ਨੇ ਸ਼ਹਿਰਾਂ ਦੀ ਸਫ਼ਾਈ, ਕੂੜੇ ਦਾ ਨਿਪਟਾਰਾ, ਸਟਰੀਟ ਲਾਈਟਾਂ, ਸੀਵਰੇਜ ਦੀ ਨਿਕਾਸੀ, ਸੜਕਾਂ ਦੀ ਮੁਰੰਮਤ, ਚੱਲ ਰਹੇ ਵਿਕਾਸ ਕਾਰਜਾਂ ਵਿੱਚ ਦੇਰੀ, ਪਿੰਡਾਂ ਵਿੱਚ ਛੱਪੜਾਂ ਦੀ ਸਫਾਈ ਸਮੇਤ ਹੋਰ ਵੀ ਲੋਕ ਮਸਲੇ ਉਠਾਏ। ਬਟਾਲਾ ਨਿਵਾਸੀ ਬਲਵਿੰਦਰ ਭੱਲਾ ਨੇ ਸੁੰਦਰ ਨਗਰ ਇਲਾਕੇ ਵਿੱਚ ਸੀਵਰੇਜ ਦੇ ਹੋ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ। ਇਸੇ ਤਰਾਂ ਹੀ ਬਟਾਲਾ ਦੇ ਹੀ ਰਾਣੂ ਸੇਖੜੀ ਨੇ ਸ਼ਹਿਰ ਵਿੱਚ ਫਾਗਿੰਗ ਕਰਵਾਉਣ ਦੀ ਮੰਗ ਕੀਤੀ। ਹੋਰ ਵੀ ਜ਼ਿਲ੍ਹਾ ਵਾਸੀਆਂ ਨੇ ਆਪੋ-ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਹਰ ਸ਼ਿਕਾਇਤ ਕਰਤਾ ਦੀ ਗੱਲ ਨੂੰ ਪੂਰੇ ਧਿਆਨ ਸੁਣਿਆ ਅਤੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਵੱਲੋਂ ਉਠਾਏ ਮਸਲਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਉੱਪਰ ਕਾਰਵਾਈ ਕਰਕੇ ਅਗਲੀ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਜਾਣੂ ਕਰਵਾਇਆ ਜਾਵੇ ਅਤੇ ਨਾਲ ਹੀ ਅਗਲੀ ਮੀਟਿੰਗ ਵਿੱਚ ਸ਼ਿਕਾਇਤ ਕਰਤਾ ਨੂੰ ਵੀ ਕੀਤੀ ਗਈ ਕਾਰਵਾਈ ਬਾਰੇ ਦੱਸਿਆ ਜਾਵੇ। ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਲਈ ਹਰ ਹਫ਼ਤੇ ਸ਼ਨੀਵਾਰ ਦੁਪਹਿਰ 12 ਵਜੇ ਇਹ ਜ਼ੂਮ ਮੀਟਿੰਗ ਹੋਇਆ ਕਰੇਗੀ ਅਤੇ ਜ਼ਿਲ੍ਹੇ ਦਾ ਕੋਈ ਵੀ ਨਾਗਰਿਕ ਇਸ ਮੀਟਿੰਗ ਨੂੰ ਜੁਆਇੰਨ ਕਰਕੇ ਆਪਣੀ ਸ਼ਿਕਾਇਤ ਜਾਂ ਮੁਸ਼ਕਲ ਦੱਸ ਸਕਦਾ ਹੈ।

Share and Enjoy !

Shares

Leave a Reply

Your email address will not be published.