ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦਿੱਲੀ ‘ਚ ਮੀਟਿੰਗ ਬੁਲਾ ਕੇ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਇਕ ਮਹੀਨੇ ‘ਚ ਹੀ ਪੰਗੁ ਕੀਤਾ ਸਾਬਤ: ਜੀਵਨ ਗੁਪਤਾ

राजनीति

ਰਾਵੀ ਨਿਊਜ ਚੰਡੀਗੜ੍ਹ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦਿੱਲੀ ਵਿਖੇ ਬੁਲਾਈ ਗਈ ਮੀਟਿੰਗ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਪਹਿਲਾਂ ਹੀ ਅਜਿਹਾ ਕੀਤੇ ਜਾਣ ਦੀ ਗੱਲ ਕਹਿ ਰਹੀ ਸੀ, ਜੇ ਪੰਜਾਬ ‘ਚ ‘ਆਪ’ ਦੀ ਸਰਕਾਰ ਬਣੀ ਤਾਂ ਪੰਜਾਬ ‘ਚ ਸ਼ਾਸਨ ਪੰਜਾਬ ਤੋਂ ਨਹੀਂ ਬਲਕਿ ਦਿੱਲੀ ਤੋਂ ਚੱਲੇਗਾ ਅਤੇ ਇਹ ਗੱਲ ਸੱਚ ਸਾਬਤ ਹੋ ਰਹੀ ਹੈ। ਗੁਪਤਾ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਬੁਲਾਈ ਗਈ ਪੰਜਾਬ ਅਧਿਕਾਰੀਆਂ ਦੀ ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਨਹੀਂ ਦਿੱਤਾ ਗਿਆ। ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਚੁਣੇ ਗਏ ਮੈਂਬਰਾਂ ਵਿੱਚੋਂ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਮੈਂਬਰਸ਼ਿਪ ਦੇਣ ਤੋਂ ਬਾਅਦ ਹੀ ਇਹ ਗੱਲ ਸਪੱਸ਼ਟ ਹੋ ਗਈ ਸੀ ਕਿ ਪੰਜਾਬ ਦਾ ਰਾਜ ਹੁਣ ਪੰਜਾਬ ਸਰਕਾਰ ਦਾ ਨਹੀਂ ਸਗੋਂ ਦਿੱਲੀ ਦੀ ਕੇਜਰੀਵਾਲ ਸਰਕਾਰ ਦਾ ਹੋਵੇਗਾ।

                ਜੀਵਨ ਗੁਪਤਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਹੀ ਜਨਤਾ ਨੂੰ ਕਹਿੰਦੇ ਸਨ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਚਲਾਈ ਜਾ ਰਹੀ ਹੈ, ਪਰ ਜੇਕਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਂਦੇ ਹਨ ਤਾਂ ਪੰਜਾਬ ਦੀ ਸਰਕਾਰ ਨੂੰ ਪੰਜਾਬ ਤੋਂ ਚਲਾਇਆ ਜਾਵੇਗਾI ਗੁਪਤਾ ਨੇ ਸਵਾਲ ਕੀਤਾ ਕਿ ਜਦੋਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਬਣਾ ਦਿੱਤਾ ਗਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੋਲ ਪੰਜਾਬ ਨਾਲ ਸਬੰਧਤ ਸਾਰੇ ਅਧਿਕਾਰੀਆਂ ਨੂੰ ਬੈਠਕ ਲਈ ਬੁਲਾਉਣ ਅਤੇ ਸਵਾਲ-ਜਵਾਬ ਦੇ ਅਧਿਕਾਰ ਹਨ ਤਾਂ ਫਿਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਉਣ ਦਾ ਅਧਿਕਾਰ ਕਿਸਨੇ ਅਤੇ ਕਿਉਂ ਦਿੱਤਾ? ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇੱਕ ਮਹੀਨੇ ਵਿੱਚ ਹੀ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਦੀ ਕਠਪੁਤਲੀ ਹਨ।

                ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੀ ਨੂੰ ਹਾਲੇ ਇੱਕ ਮਹੀਨਾ ਹੀ ਹੋਇਆ ਹੈ ਅਤੇ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਡੰਮੀ ਬਣਾ ਕੇ ਪੰਜਾਬ ਸਰਕਾਰ ’ਤੇ ਕਾਬਜ਼ ਹੋਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਨੇ ਚੋਣਾਂ ਵਿਚ ਜਨਤਾ ਨਾਲ ਹਰ ਘਰ ਵਿਚ 300 ਯੂਨਿਟ ਪ੍ਰਤੀ ਮਹੀਨਾ ਮੁਫਤ ਅਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਲਾ ਪ੍ਰਤੀ ਮਹੀਨਾ 1 ਅਪ੍ਰੈਲ 2022 ਤੋਂ ਦਿੱਤੇ ਜਾਣ ਸਮੇਤ ਕਈ ਹੋਰ ਵੱਡੇ-ਵੱਡੇ ਵਾਅਦੇ ਕੀਤੇ ਸਨ। ਪਰ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਹੀ ਆਪਣੇ ਵਾਅਦਿਆਂ ਤੋਂ ਮੁੱਕਰ ਗਏ ਹਨ। ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਹੁਣ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਦੀ ਜੋੜੀ ਨੇ ਪੰਜਾਬ ਦੀ ਮਿਸਾਲ ਦੇ ਕੇ ਦੂਜੇ ਚੋਣ ਰਾਜਾਂ ਵਿੱਚ ਜਾ ਕੇ ਕੂੜ-ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਪਰ ਇੱਥੇ ਦੋਵਾਂ ਨੂੰ ਮੂੰਹ ਦੀ ਖਾਣੀ ਪਵੇਗੀ।

Share and Enjoy !

Shares

Leave a Reply

Your email address will not be published.