ਰਾਵੀ ਨਿਊਜ ਫਾਜਿ਼ਲਕਾ
ਰਾਜ ਦੇ 6 ਸਰਹੱਦੀ ਜਿ਼ਲ੍ਹਿਆਂ ਵਿਚ ਕੌਮੀ ਸੁਰੱਖਿਆ ਤੇ ਵਿਸੇਸ਼ ਧਿਆਨ ਕੇਂਦਰਤ ਕਰਦਿਆਂ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਕੇਂਦਰੀ ਅਤੇ ਰਾਜ ਸੁਰੱਖਿਆ ਏਂਜਸੀਆਂ ਵਿਚਕਾਰ ਆਪਸੀ ਤਾਲਮੇਲ ਦੀ ਲੋੜ ਤੇ ਵਿਸੇਸ਼ ਜ਼ੋਰ ਦਿੱਤਾ ਤਾਂ ਜ਼ੋ ਦੇਸ਼ ਦੀ ਏਕਤਾ ਅਤੇ ਅੰਖਡਤਾ ਨੂੰ ਹਰ ਹਾਲ ਕਾਇਮ ਰੱਖਿਆ ਜਾ ਸਕੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਸ: ਭਗਵੰਤ ਮਾਨ ਦੇ ਨਾਲ ਸਰੱਹਦੀ ਜਿ਼ਲ੍ਹੇ ਦੇ ਸਰਪੰਚਾਂ ਅਤੇ ਪੰਚਾਂ ਦੇ ਨਾਲ ਨਾਲ ਕੇਂਦਰ ਅਤੇ ਰਾਜ ਸਰਕਾਰ ਦੀਆਂ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਰਾਜਪਾਲ ਨੇ ਕਿਹਾ, “ਮੀਟਿੰਗ ਦਾ ਮੁੱਖ ਏਜੰਡਾ ਇਨ੍ਹਾਂ ਜਿ਼ਲ੍ਹਿਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇੱਕ ਮਜ਼ਬੂਤ ਤੰਤਰ ਤਿਆਰ ਕਰਨਾ ਸੀ, ਖ਼ਾਸਕਰ ਜਦੋਂ ਗੁਆਂਢੀ ਦੇਸ਼ ਡਰੋਨਾਂ ਰਾਹੀਂ ਨਸਿ਼ਆਂ ਅਤੇ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸੰਕਟ ਪੈਦਾ ਕਰਨ ਦੇ ਤਰੀਕੇ ਲੱਭ ਰਿਹਾ ਹੈ,” ਰਾਜਪਾਲ ਨੇ ਅੱਗੇ ਕਿਹਾ, ਇਸ ਸਬੰਧ ਵਿੱਚ ਅਣਗਹਿਲੀ ਦੀ ਕੋਈ ਗੁੰਜਾਇਸ਼ ਨਹੀਂ ਹੈ। ਕੌਮੀ ਸੁਰੱਖਿਆ ਦੇ ਮੁੱਦੇ `ਤੇ ਕੋਈ ਸਮਝੌਤਾ ਨਾ ਕਰਨ `ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ 12 ਅਪ੍ਰੈਲ ਨੂੰ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਗੇ ਤਾਂ ਜੋ ਪੰਜਾਬ ਪੁਲਿਸ ਨੂੰ ਅਤਿਆਧੁਨਿਕ ਤਕਨੀਕੀ ਉਪਕਰਨ ਮੁਹੱਈਆ ਕਰਵਾਉਣ ਦਾ ਮੁੱਦਾ ਉਠਾਇਆ ਜਾ ਸਕੇ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਵਾਲੇ ਕਿਸਾਨਾਂ ਦਾ ਮਾਮਲਾ ਵੀ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ (ਫਾਜਿ਼ਲਕਾ) ਨਰਿੰਦਰਪਾਲ ਸਿੰਘ ਸਵਨਾ, ਵਿਧਾਇਕ (ਜਲਾਲਾਬਾਦ) ਜਗਦੀਪ ਕੰਬੋਜ, ਵਿਧਾਇਕ (ਬੱਲੂਆਣਾ) ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀ.ਜੀ.ਪੀ ਵੀ.ਕੇ. ਭਾਵੜਾ, ਪ੍ਰਮੁੱਖ ਸਕੱਤਰ (ਯੋਜਨਾ) ਰਾਜ ਕਮਲ ਚੌਧਰੀ, ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐਮ ਬਾਲਾਮੁਰੂਗਨ, ਫਿਰੋਜ਼ਪੁਰ ਡਿਵੀਜ਼ਨ ਦੇ ਕਮਿਸ਼ਨਰ ਡੀ.ਐਸ.ਮਾਂਗਟ, ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਐਸਡੀਐਮ ਰਵਿੰਦਰ ਸਿੰਘ ਅਰੋੜਾ, ਸ੍ਰੀ ਅਮਿਤ ਗੁਪਤਾ, ਸ੍ਰੀ ਦੇਵਦਰਸ਼ ਦੀਪ ਸਿੰਘ ਵੀ ਹਾਜਰ ਸਨ।