ਪੰਜਾਬ ਸਰਕਾਰ ਦੀ ਭਿ੍ਰਸ਼ਟਾਚਾਰ ਵਿਰੋਧੀ ਹੈਲਪ-ਲਾਈਨ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ – ਵਿਧਾਇਕ ਅਮਰਪਾਲ ਸਿੰਘ

बटाला

ਰਾਵੀ ਨਿਊਜ ਬਟਾਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ 9501200200 ਜਾਰੀ ਕੀਤਾ ਸੀ ਉਸਦੇ ਹਾਂ ਪੱਖੀ ਨਤੀਜੇ ਸਾਹਮਣੇ ਆਏ ਹਨ। ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਾਂ ਨੂੰ ਇਸ ਹੈਲਪ ਲਾਈਨ ਦੇ ਜਰੀਏ ਵੱਢੀਖੋਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਭਿ੍ਰਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਲਈ ਕਈ ਕਦਮ ਚੁੱਕੇ ਗਏ ਹਨ। ਉਨਾਂ ਭਿ੍ਰਸ਼ਟਾਚਾਰ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਉਣ ਲਈ ਲੋਕਾਂ ਦੀ ਸਹੂਲਤ ਵਾਸਤੇ ਵਟਸਐਪ ਆਧਾਰਤ ਇਕ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 9501200200 ਵੀ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਵਰਦਾਨ ਸਾਬਤ ਹੋਈ ਹੈ ਕਿਉਂਕਿ ਲੋਕ ਇਸ ਦੀ ਵਰਤੋਂ ਭਿ੍ਰਸ਼ਟਾਚਾਰ ਦੀ ਜੜ੍ਹ ਵੱਢਣ ਲਈ ਪ੍ਰਭਾਵਸ਼ਾਲੀ ਤਰੀਕੇ ਵਜੋਂ ਕਰ ਰਹੇ ਹਨ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਇਸ ਨੰਬਰ ਉਤੇ ਮਿਲੀਆਂ ਪ੍ਰਮਾਣਿਕ ਸ਼ਿਕਾਇਤਾਂ ਦੇ ਆਧਾਰ ਉਤੇ ਪੰਜਾਬ ਪੁਲਿਸ ਨੇ ਭਿ੍ਰਸ਼ਟ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰ ਦੋਸ਼ੀਆਂ ਖ਼ਿਲਾਫ਼ 28 ਐਫ.ਆਈ.ਆਰ. ਦਰਜ ਕੀਤੀਆਂ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਵਿਜੀਲੈਂਸ ਨੇ ਹੁਣ ਤੱਕ ਪੁਲਿਸ ਦੇ ਇਕ ਸਬ-ਇੰਸਪੈਕਟਰ, ਅੱਠ ਸਹਾਇਕ ਸਬ-ਇੰਸਪੈਕਟਰਾਂ, ਤਿੰਨ ਹੌਲਦਾਰਾਂ, ਇਕ ਸਿਪਾਹੀ, ਹੋਮਗਾਰਡ ਦੇ ਇਕ ਜਵਾਨ, ਦੋ ਪਟਵਾਰੀਆਂ, ਇਕ ਕਲਰਕ, ਇਕ ਨੰਬਰਦਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਡੇਟਾ ਐਂਟਰੀ ਅਪਰੇਟਰ, ਸਰਕਾਰੀ ਆਈ.ਟੀ.ਆਈ. ਐਸ.ਏ.ਐਸ. ਨਗਰ ਦੇ ਇਕ ਪਿ੍ਰੰਸੀਪਲ, ਇਕ ਮੈਡੀਕਲ ਅਫ਼ਸਰ, ਇਕ ਡਿਵੀਜ਼ਨਲ ਜੰਗਲਾਤ ਅਫ਼ਸਰ ਅਤੇ ਜੁਡੀਸ਼ਲ ਵਿਭਾਗ ਦੇ ਸੰਮਨ ਭੇਜਣ ਵਾਲੇ ਸਟਾਫ਼ ਦੇ ਇਕ ਮੈਂਬਰ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸੇ ਤਰਾਂ ਮਾਈਨਿੰਗ ਕੇਸ ਵਿੱਚ 17 ਜਣਿਆਂ, ਪਟਵਾਰੀਆਂ ਦੇ ਚਾਰ ਸਹਾਇਕਾਂ ਤੇ ਇਕ ਜੰਗਲਾਤ ਠੇਕੇਦਾਰ ਨੂੰ ਭਿ੍ਰਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਫੜਿਆ ਗਿਆ ਹੈ। ਪੁਲਿਸ ਨੇ 21 ਜੂਨ 2022 ਤੱਕ ਭਿ੍ਰਸ਼ਟਾਚਾਰ ਦੇ ਦੋਸ਼ਾਂ ਹੇਠ ਕੁੱਲ 45 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੋਈ ਹੈ ਅਤੇ ਭਿ੍ਰਸ਼ਟ ਅਫਸਰਾਂ ਅਤੇ ਕਰਮਚਾਰੀਆਂ ਨੂੰ ਬਾਹਰ ਦਾ ਰਾਹ ਵਿਖਾ ਕੇ ਸਮੁੱਚੇ ਸਿਸਟਮ ਨੂੰ ਸਾਫ਼ ਕੀਤਾ ਜਾਵੇਗਾ। ਉਨਾਂ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀ, ਕਾਰਗਰ ਅਤੇ ਪਾਰਦਰਸ਼ੀ ਸਰਕਾਰ ਦੇਣ ਲਈ ਸ਼ਾਸਨ ਵਿੱਚੋਂ ਭਿ੍ਰਸ਼ਟਾਚਾਰ ਨੂੰ ਜੜੋਂ ਖਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Share and Enjoy !

Shares

Leave a Reply

Your email address will not be published.