ਵਿਧਾਇਕ ਕਲਸੀ ਦੀਆਂ ਕੋਸ਼ਿਸ਼ਾਂ ਸਦਕਾ ਸਿਵਲ ਹਸਪਤਾਲ ਬਟਾਲਾ ਦੀ ਹਾਲਤ ’ਚ ਸੁਧਾਰ ਹੋਣਾ ਸ਼ੁਰੂ ਹੋਇਆ

बटाला

ਰਾਵੀ ਨਿਊਜ ਬਟਾਲਾ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਿਹਤ ਸੰਸਥਾਵਾਂ ਦੇ ਸੁਧਾਰ ਲਈ ਵਚਨਬੱਧ ਹੈ ਤਾਂ ਜੋ ਸੂਬਾ ਵਾਸੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਸਿਹਤ ਸੁਧਾਰ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਵੱਲੋਂ ਵਿਧਾਇਕ ਬਣਨ ਦੇ ਪਹਿਲੇ ਦਿਨ ਤੋਂ ਹੀ ਸਿਵਲ ਹਸਪਤਾਲ ਬਟਾਲਾ ਦੀ ਦਸ਼ਾ ਸੁਧਾਰਨ ਦੇ ਯਤਨ ਕੀਤੇ ਜਾ ਰਹੇ ਹਨ, ਜਿਸਦੇ ਹਾਂ-ਪੱਖੀ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ।
ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸਿਵਲ ਹਸਪਤਾਲ ਬਟਾਲਾ ਨੂੰ ਅਪਗਰੇਡ ਕਰਕੇ 200 ਬੈੱਡ ਦਾ ਹਸਪਤਾਲ ਬਣਾਇਆ ਜਾਵੇ ਅਤੇ ਇਥੇ ਇਲਾਜ ਲਈ ਸਾਰੇ ਜਰੂਰੀ ਉਪਕਰਨ ਅਤੇ ਮਾਹਿਰਾਂ ਡਾਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਟਾਲਾ ਸਿਵਲ ਹਸਪਤਾਲ ਦੇ ਨਾਲ ਨਾਲੋਂ ਰੈਫਰ ਹਸਪਤਾਲ ਦਾ ਟੈਗ ਹਟਾਇਆ ਜਾਵੇਗਾ। ਵਿਧਾਇਕ ਸ੍ਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਨੇ ਜਦੋਂ ਤੋਂ ਵਿਧਾਇਕ ਵਜੋਂ ਕੰਮ ਕਰਨਾ ਸ਼ੁਰੂ ਕੀਤਾ ਹੈ ਉਸ ਤੋਂ ਬਾਅਦ ਸਿਵਲ ਹਸਪਤਾਲ ਦੀਆਂ ਐਮਰਜੈਂਸੀ ਸੇਵਾਵਾਂ ਨੂੰ ਬੇਹਤਰ ਕੀਤਾ ਗਿਆ ਹੈ। ਐਮਰਜੈਂਸੀ ਵਿੱਚ ਨਵੇਂ ਬੈੱਡ ਅਤੇ ਕਾਰਡਿਕ ਮੋਨੀਟਰ ਲਗਾਏ ਗਏ ਹਨ। ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਲੈਬੋਰਟਰੀ ਨੂੰ ਖੁੱਲੇ ਕਮਰੇ ਵਿੱਚ ਸਿਫਟ ਕੀਤਾ ਗਿਆ ਹੈ। ਓ.ਪੀ.ਡੀ. ਵਿੱਚ ਕੰਪਿਊਟਰਾਂ ਦੀ ਗਿਣਤੀ ਵਧਾਈ ਗਈ ਹੈ। ਬਾਥਰੂਮ ਠੀਕ ਕਰਵਾ ਕੇ ਸਫਾਈ ਵਿਵਸਥਾ ਠੀਕ ਕੀਤੀ ਗਈ ਹੈ ਅਤੇ ਨਾਲ ਹੀ ਹਸਪਤਾਲ ਦੇ ਸੀਵਰੇਜ ਦਾ ਕੰਮ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਟਰੈਚਰ ਅਤੇ ਵੀਲ੍ਹ ਚੀਅਰ ਮੁਹੱਈਆ ਕਰਵਾਈਆਂ ਗਈਆਂ ਹਨ। ਵਾਟਰ ਕੂਲਰ ਚਾਲੂ ਕੀਤੇ ਗਏ ਹਨ ਅਤੇ ਨਾਲ ਹੀ ਸਾਰੇ ਵਾਰਡਾਂ ਦੇ ਪੱਖੇ ਠੀਕ ਕਰਵਾਏ ਗਏ ਹਨ। ਪੁਰਾਣੀਆਂ ਟੁੱਟੀਆਂ ਕੁਰਸੀਆਂ ਦੀ ਰਿਪੇਅਰ ਕੀਤੀ ਗਈ ਹੈ।
ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਸਿਵਲ ਹਸਪਤਾਲ ਬਟਾਲਾ ਵਿੱਚ ਸੁਧਾਰ ਕੀਤੇ ਜਾਣ ਤੋਂ ਬਾਅਦ ਅਤੇ ਵਧੀਆ ਸਿਹਤ ਸੇਵਾਵਾਂ ਮਿਲਣ ਕਾਰਨ ਇਥੇ ਦਵਾਈ ਲੈਣ ਮਰੀਜ਼ਾਂ ਦੀ ਗਿਣਤੀ ਵੀ ਵਧੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਸਿਵਲ ਹਸਪਤਾਲ ਬਟਾਲਾ ਨੂੰ ਅਪਗਰੇਡ ਕਰਨ ਦੀ ਮੰਗ ਰੱਖੀ ਹੋਈ ਹੈ ਅਤੇ ਸਰਕਾਰ ਵੱਲੋਂ ਇਸ ਹਸਪਤਾਲ ਦੀ ਕਾਇਆ ਕਲਪ ਕੀਤੀ ਜਾਵੇਗੀ।

Share and Enjoy !

Shares

Leave a Reply

Your email address will not be published.