ਸੁਨਾਮ ਨਾਲ-ਨਾਲ ਪੂਰੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜੀਅ-ਜਾਨ ਨਾਲ ਕੰਮ ਕਰਾਂਗਾ: ਕੈਬਨਿਟ ਮੰਤਰੀ ਅਮਨ ਅਰੋੜਾ

एस.ए.एस नगर चंडीगढ़

ਰਾਵੀ ਨਿਊਜ ਚੰਡੀਗੜ੍ਹ/ ਸੁਨਾਮ ਊਧਮ ਸਿੰਘ ਵਾਲਾ

ਪੰਜਾਬ ਦੀ ਕੈਬਨਿਟ ਵਿੱਚ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਸ਼ਹਿਰ ਸੁਨਾਮ ਪਹੁੰਚਣ ‘ਤੇ ਲੋਕਾਂ ਵੱਲੋਂ ਸ਼੍ਰੀ ਅਮਨ ਅਰੋੜਾ ਦਾ ਭਰਵਾਂ ਸਵਾਗਤ ਕੀਤਾ ਗਿਆ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਣ ਦੇ ਨਾਲ-ਨਾਲ ਸ਼ਹੀਦ ਊਧਮ ਸਿੰਘ ਜੀ ਦੀ ਸਮਾਰਕ ‘ਤੇ ਵੀ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਸਥਾਨਕ ਰੈਸਟ ਹਾਊਸ ਵਿਖੇ ਕੈਬਨਿਟ ਮੰਤਰੀ ਨੂੰ ਰਸਮੀ ਸਲਾਮੀ ਵੀ ਦਿੱਤੀ ਗਈ। ਕੈਬਨਿਟ ਮੰਤਰੀ ਵਜੋਂ ਮਿਲੀ ਨਵੀਂ ਜ਼ਿੰਮੇਵਾਰੀ ਲਈ ਲੋਕਾਂ ਵੱਲੋਂ ਦਿੱਤੇ ਪਿਆਰ ਦਾ ਸ਼ੁਕਰਾਨਾ ਕਰਨ ਲਈ ਸ਼੍ਰੀ ਅਮਨ ਅਰੋੜਾ ਵੱਲੋਂ ਧੰਨਵਾਦੀ ਰੋਡ ਸ਼ੋਅ ਵੀ ਕੱਢਿਆ ਗਿਆ। ਇਸਦੇ ਨਾਲ ਹੀ ਹਲਕੇ ਦੇ ਲੋਕਾਂ ਵੱਲੋਂ ਸ਼੍ਰੀ ਅਮਨ ਅਰੋੜਾ ਦੇ ਸਵਾਗਤ ਲਈ ਨਗਰ ਕੌਂਸਲ, ਮਾਤਾ ਮੋਦੀ ਚੌਂਕ, ਅਗਰਸੈਨ ਚੌਂਕ, ਪੁਰਾਣੀ ਅਨਾਜ ਮੰਡੀ, ਨਵਾਂ ਬਾਜ਼ਾਰ, ਪੀਰਾਂ ਵਾਲਾ ਗੇਟ ਤੇ ਸਿਨੇਮਾ ਰੋਡ ‘ਤੇ ਵੱਖ-ਵੱਖ ਸਮਾਗਮ ਵੀ ਰੱਖੇ ਗਏ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਜੋ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ, ਨੇ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਹਲਕੇ ਦੇ ਨਾਲ-ਨਾਲ ਪੂਰੇ ਪੰਜਾਬ ਦੇ ਲੋਕਾਂ ਦਾ ਸ਼ੁਕਰੀਆ ਅਦਾ ਕੀਤਾ ਅਤੇ ਕਿਹਾ ਕਿ ਉਹ ਕਿਸੇ ਵੀ ਕੀਮਤ ‘ਤੇ ਲੋਕਾਂ ਦੇ ਵਿਸ਼ਵਾਸ ਤੇ ਭਰੋਸੇ ਨੂੰ ਬਰਕਰਾਰ ਰੱਖਣਗੇ ਅਤੇ ਸੂਬੇ ਤੇ ਖ਼ਾਸ ਕਰਕੇ ਸੁਨਾਮ ਹਲਕੇ ਦੀ ਤਰੱਕੀ ਲਈ ਪੂਰੀ ਵਾਹ ਲਾ ਦੇਣਗੇ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਉਨ੍ਹਾਂ ਆਪਣੇ ਪਿਤਾ ਸ਼੍ਰੀ ਭਗਵਾਨ ਦਾਸ ਅਰੋੜਾ ਨੂੰ ਵੀ ਯਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਪਿਤਾ ਤੋਂ ਮਿਲੀ ਪ੍ਰੇਰਨਾ ਸਦਕਾ ਹੀ ਇਸ ਮੁਕਾਮ ਤੱਕ ਪਹੁੰਚੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਤੇ ਸਮਾਜ ਭਲਾਈ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਆਧੁਨਿਕ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਇਨ੍ਹਾਂ ਦਾ ਫ਼ਾਇਦਾ ਅਸਲ ਲੋੜਵੰਦਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲੇ ਨਿੱਘੇ ਪਿਆਰ ਲਈ ਉਹ ਸਦਾ ਧੰਨਵਾਦੀ ਰਹਿਣਗੇ ਤੇ ਸੁਨਾਮ ਹਲਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਨੂੰ ਆਪਣੀ ਨਿੱਜੀ ਸਮੱਸਿਆ ਸਮਝ ਕੇ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਇਕੱਲਾ ਸੁਨਾਮ ਹਲਕਾ ਹੀ ਨਹੀਂ ਸਗੋਂ ਪੂਰੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਜੀਅ-ਜਾਨ ਨਾਲ ਕੰਮ ਕਰਨਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ, ਐਸ.ਡੀ.ਐਮ. ਜਸਪ੍ਰੀਤ ਸਿੰਘ, ਤਹਿਸੀਲਦਾਰ ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ ਅਮਿਤ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਰਿਵਾਰਕ ਮੈਂਬਰਾਂ ਵਿੱਚ ਕੈਬਨਿਟ ਮੰਤਰੀ ਦੇ ਮਾਤਾ ਸ੍ਰੀਮਤੀ ਪ੍ਰਮੇਸ਼ਵਰੀ ਦੇਵੀ, ਪਤਨੀ ਸ੍ਰੀਮਤੀ ਸ਼ਬੀਨਾ ਅਰੋੜਾ, ਭੈਣ ਸ਼੍ਰੀਮਤੀ ਨੀਨਾ ਮਲਹੋਤਰਾ, ਪੁੱਤਰ ਭੁਵੀਰ ਅਰੋੜਾ ਅਤੇ ਹੋਰ ਪਰਿਵਾਰਕ ਮੈਂਬਰ ਤੇ ਸਨੇਹੀਆਂ ਸਮੇਤ ਵੱਡੀ ਗਿਣਤੀ ਵਿੱਚ ਹਲਕੇ ਦੇ ਲੋਕ ਮੌਜੂਦ ਸਨ।

Share and Enjoy !

Shares

Leave a Reply

Your email address will not be published.