ਜੇਕਰ ਪੰਜਾਬ ਚ ਇਸੇ ਤਰ੍ਹਾਂ ਬਿਜਲੀ ਕੱਟ ਲੱਗਦੇ ਰਹੇ ਤਾਂ ਫ੍ਰੀ ਮਿਲਣ ਵਾਲੇ 600 ਯੂਨਿਟ ਦਿਵਾਲੀ ਤੱਕ ਵੀ ਪੂਰੇ ਨਹੀਂ ਹੋਣਗੇ: ਗੁਪਤਾ

पंजाब

ਰਾਵੀ ਨਿਊਜ ਚੰਡੀਗੜ੍ਹ

ਪੰਜਾਬ ਵਿੱਚ ਤਪਦੀ ਗਰਮੀ ਤੋਂ ਪੀੜਤ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਭਗਵੰਤ ਮਾਨ ਸਰਕਾਰ ਲੋਕਾਂ ਦਾ ਹੋਰ ਤੇਲ ਚੂਸਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ‘ਚ 12 ਤੋਂ 14 ਘੰਟੇ ਦੇ ਬਿਜਲੀ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਨਾ ਸਿਰਫ ਆਮ ਲੋਕ ਪਰੇਸ਼ਾਨ ਹਨ, ਸਗੋਂ ਇਨ੍ਹਾਂ ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਸੜਕਾਂ ‘ਤੇ ਧਰਨੇ-ਪ੍ਰਦਰਸ਼ਨ ਵੀ ਸ਼ੁਰੂ ਕਰ ਦਿੱਤੇ ਹਨ। ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਦੀ ਅਵਾਜ਼ ਨੂੰ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਭਾਰਤੀ ਜਨਤਾ ਪਾਰਟੀ ਦੀ ਇੱਕ ਵਿਸ਼ੇਸ਼ ਵਰਚੁਅਲ ਮੀਟਿੰਗ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਦੇ ਅਹੁਦੇਦਾਰਾਂ, ਜ਼ਿਲ੍ਹਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਵਿਗੜ ਰਹੇ ਹਾਲਾਤਾਂ ‘ਤੇ ਚਿੰਤਾ ਪ੍ਰਗਟਾਉਂਦੀਆਂ ਪੰਜਾਬ ਵਿਚ ਬਿਜਲੀ ਕੱਟਾਂ ਦੀ ਸਮੱਸਿਆ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ 5 ਮਈ ਨੂੰ ਪੰਜਾਬ ਸਰਕਾਰ ਖਿਲਾਫ਼ ਸਾਰੇ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ। ਇਹ ਜਾਣਕਾਰੀ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।

ਜੀਵਨ ਗੁਪਤਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਬਿਜਲੀ ਕੱਟਾਂ ਨੂੰ ਲੈ ਕੇ 5 ਮਈ ਨੂੰ ਸਵੇਰੇ 10:00 ਵਜੇ ਪੂਰੇ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਧਰਨੇ-ਪ੍ਰਦਰਸ਼ਨ ਕਰੇਗੀ। ਇਸ ਦੇ ਲਈ ਸੂਬਾ ਭਾਜਪਾ ਵੱਲੋਂ ਨਿਯੁਕਤ ਕੀਤੇ ਇੰਚਾਰਜ ਵੀ ਜਿਲਿਆਂ ‘ਚ ਮੌਜੂਦ ਰਹਿਣਗੇ। ਭਾਰਤੀ ਜਨਤਾ ਪਾਰਟੀ ਆਪਣੇ ਵਿਰੋਧੀ ਦੀ ਭੂਮਿਕਾ ਨਿਭਾਉਂਦੇ ਹੋਏ ਭਗਵੰਤ ਮਾਨ ਸਰਕਾਰ ਨੂੰ ਜਨਤਾ ਨਾਲ ਕੀਤੇ ਵਾਅਦੇ ਯਾਦ ਕਰਵਾਏਗੀ। ਗੁਪਤਾ ਨੇ ਕਿਹਾ ਕਿ ਜੇਕਰ ਪੰਜਾਬ ‘ਚ ਬਿਜਲੀ ਦੇ ਕੱਟ ਇਸੇ ਤਰ੍ਹਾਂ ਜਾਰੀ ਰਹੇ ਤਾਂ ਜਨਾਤ ਨੂੰ ਜਿਹੜੇ 600 ਯੂਨਿਟ ਮੁਫਤ ਮਿਲਨੇ ਹਨ, ਉਹ ਆਉਣ ਵਾਲੀ ਦੀਵਾਲੀ ਤੱਕ ਵੀ ਪੂਰੇ ਨਹੀਂ ਹੋਣਗੇ।

Share and Enjoy !

Shares

Leave a Reply

Your email address will not be published.