ਰਾਵੀ ਨਿਊਜ ਬਟਾਲਾ
ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਐੱਮ.ਸੀ.ਸੀ. ਸੈੱਲ ਸਥਾਪਤ ਕੀਤਾ ਗਿਆ ਹੈ ਜੋ ਰਾਊਂਡ ਦੀ ਕਲਾਕ ਕੰਮ ਕਰ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਇਹ ਐੱਮ.ਸੀ.ਸੀ. ਸੈੱਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਦੇ ਕਮਰਾ ਨੰਬਰ 122 ਵਿੱਚ ਸਥਾਪਤ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਉਨਾਂ ਦੀ ਪ੍ਰਧਾਨਗੀ ਹੇਠ ਆਦਰਸ਼ ਚੋਣ ਜ਼ਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਇੱਕ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਸ੍ਰੀ ਰਾਹੁਲ ਸਿੰਧੂ, ਐਡਸ਼ੀਨਲ ਡਿਪਟੀ ਕਮਿਸ਼ਨਰ ਗੁਰਦਾਸਪੁਰ (ਜਨਰਲ), ਹਰਪ੍ਰੀਤ ਸਿੰਘ ਐਸ.ਡੀ.ਐਮ ਡੇਰਾ ਬਾਬਾ ਨਾਨਕ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ (ਰੂਰਲ ਡਿਵਲਪਮੈਂਟ), ਅਮਨਪ੍ਰੀਤ ਸਿੰਘ ਸੰਧੂ ਜ਼ਿਲ੍ਹਾ ਅਟਾਰਨੀ ਲੀਗਰ ਗੁਰਦਾਸਪੁਰ ਅਧਿਕਾਰੀ ਸ਼ਾਮਲ ਕੀਤੇ ਗਏ ਹਨ।
ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਇਹ ਕਮੇਟੀ ਜਿਥੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਕਰੇਗੀ, ਓਥੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੰਟਰੱਕਸ਼ਨ ਆਦਿ ਕੰਮਾਂ ਦੀ ਪਰਪੋਜ਼ਲ ਸਬੰਧੀ ਵੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਬੰਧਾਂ ਵਿੱਚ ਲੱਗੇ ਸਾਰੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਪੂਰੀ ਸਖਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਸੂਰਤ ਵਿੱਚ ਚੋਣ ਜ਼ਾਬਤੇ ਦੀ ਉਲੰਘਣਾਂ ਨਹੀਂ ਹੋਣ ਦਿੱਤੀ ਜਾਵੇਗੀ।