Raavi News # ਕੇਂਦਰ ਸਰਕਾਰ ਵਲੋਂ ਮੰਗਾਂ ਮੰਨਣ ਤੋਂ ਬਾਅਦ ਖਤਮ ਹੋਇਆ ਕਿਸਾਨ ਅੰਦੋਲਨ, 11 ਦਸੰਬਰ ਤੋਂ ਘਰ ਪਰਤਣਗੇ ਕਿਸਾਨ

Breaking News

ਰਾਵੀ ਨਿਊਜ ਨਵੀਂ ਦਿੱਲੀ (ਗੁਰਵਿੰਦਰ ਸਿੰਘ ਮੋਹਾਲੀ)

ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਕਿਸਾਨਾਂ ਦੀਆਂ ਬਾਕੀ ਮੰਗਾਂ ਤੇ ਵੀ ਸਰਕਾਰ ਵੱਲੋਂ ਪੁਖਤਾ ਭਰੋਸਾ ਮਿਲਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇੱਥੇ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਅੰਦੋਲਨ ਖਤਮ ਹੋ ਰਿਹਾ ਹੈ, ਮੁਲਤਵੀ ਹੋ ਰਿਹਾ ਹੈ। ਆਗੂਆਂ ਨੇ ਕਿਹਾ ਕਿ ਐਮ ਐਸ ਪੀ ਤੇ ਕਮੇਟੀ ਬਣਾਉਣ ਅਤੇ ਅੰਦੋਲਨ ਦੇ ਦੌਰਾਨ ਕਿਸਾਨਾਂ ਤੇ ਦਰਜ ਹੋਏ ਕੇਸ ਨੂੰ ਵਾਪਸ ਲੈਣ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਵਿੱਚ ਅੰਦੋਲਨ ਖਤਮ ਕਰਨ ਤੇ ਸਹਿਮਤੀ ਬਣੀ ਹੈ। ਅੰਦੋਲਨ ਦੇ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜੇ ਦੇ ਮਸਲੇ ਤੇ ਯੂਪੀ ਅਤੇ ਹਰਿਆਣਾ ਦੀਆਂ ਸਰਕਾਰਾਂ ਨੇ ਸਿਧਾਂਤਕ ਸਹਿਮਤੀ ਦੇ ਦਿੱਤੀ ਹੈ। ਕਿਸਾਨ ਨੇਤਾਵਾਂ ਨੇ ਇਸ ਮੌਕੇ ਕਿਹਾ ਕਿ ਕਾਲੇ ਕਾਨੂੰਨ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧੰਨਵਾਦ, ਕਿਉਂਕਿ ਇਸ ਨਾਲ ਕਿਸਾਨਾਂ ਵਿੱਚ ਜਾਗਰੂਕਤਾ ਅਤੇ ਏਕਤਾ ਪੈਦਾ ਹੋਈ। ਇਸ ਮੌਕੇ ਕਿਸਾਨ ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟੇਗੀ ਤਾਂ ਕਿਸਾਨ ਫਿਰ ਸੜਕਾਂ ਤੇ ਉਤਰਣਗੇ। ਕਿਸਾਨ ਆਗੂਆਂ ਨੇ ਕਿਹਾ ਕਿ 11 ਦਸੰਬਰ ਤੋਂ ਦਿੱਲੀ ਦੇ ਕਿਸਾਨ ਮੋਰਚਿਆਂ ਤੋਂ ਕਿਸਾਨ ਆਪਣੇ ਘਰਾਂ ਨੂੰ ਪਰਤਣਾ ਸ਼ੁਰੂ ਕਰ ਦੇਣਗੇ। 13 ਦਸੰਬਰ ਨੂੰ ਕਿਸਾਨ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਜਾਣਗੇ। ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ, ਸ਼ਿਵ ਕੁਮਾਰ ਕੱਕਾ, ਦਰਸ਼ਨਪਾਲ ਸਿੰਘ ਨੇ ਕਿਹਾ ਕਿ ਕਿਸਾਨ 11 ਦਸੰਬਰ ਨੂੰ ਵਿਜੇ ਜੁਲੂਸ ਦੇ ਨਾਲ ਆਪੋ-ਆਪਣੇ ਘਰਾਂ ਨੂੰ ਪਰਤਣਾ ਸ਼ੁਰੂ ਕਰਣਗੇ। ਉਹਨਾਂ ਕਿਹਾ ਕਿ ਇਹ ਕਿਸਾਨਾਂ ਦੀ ਇਤਿਹਾਸਿਕ ਜਿੱਤ ਹੈ। ਨਾਲ ਹੀ ਅਸੀਂ ਉਨ੍ਹਾਂ ਲੋਕਾਂ ਤੋਂ ਮਾਫੀ ਮੰਗਦੇ ਹਾਂ ਜਿਨ੍ਹਾਂ ਨੂੰ ਪ੍ਰਦਰਸ਼ਨ ਦੇ ਕਾਰਨ ਪਰੇਸ਼ਾਨੀ ਦਾ ਸਾਮਣਾ ਕਰਨਾ ਪਿਆ। ਭਾਰਤੀ ਕਿਸਾਨ ਯੂਨੀਅਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ 15 ਦਸੰਬਰ ਤੱਕ ਕਿਸਾਨ ਅੰਦੋਲਨ ਸਥਾਨਾਂ ਨੂੰ ਪੂਰੀ ਤਰ੍ਹਾਂ ਖਾਲੀ ਕਰ ਦੇਣਗੇ। ਮੋਰਚੇ ਦੇ ਨੇਤਾਵਾਂ ਨੇ ਕਿਹਾ ਕਿ ਇਹ ਕਿਸਾਨ ਅੰਦੋਲਨ ਆਜ਼ਾਦੀ ਤੋਂ ਬਾਅਦ ਭਾਰਤ ਦਾ ਸਭਤੋਂ ਸ਼ਾਂਤੀਪੂਰਨ ਅਤੇ ਵੱਡਾ ਅੰਦੋਲਨ ਰਿਹਾ। ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਨੂੰ ਕਿਸਾਨ ਸੰਗਠਨਾਂ ਨੇ ਅੰਦੋਲਨ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਹਾਲਾਂਕਿ, ਅੱਜ ਸੰਯੁਕਤ ਕਿਸਾਨ ਮੋਰਚਾ ਨੇ ਜਿੱਤ ਦਾ ਜਸ਼ਨ ਨਾ ਮਨਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੂਰਾ ਦੇਸ਼ ਸੀ ਡੀ ਐਸ ਜਨਰਲ ਬਿਪਿਨ ਰਾਵਤ ਦੇ ਬੇਵਕਤ ਦਿਹਾਂਤ ਨਾਲ ਗਮਗੀਨ ਹੈ , ਲਿਹਾਜਾ ਕਿਸਾਨ ਜਸ਼ਨ ਨਹੀਂ ਮਨਾਉਣਗੇ। ਆਗੂਆਂ ਨੇ ਕਿਹਾ ਕਿ ਹਰ ਮਹੀਨੇ ਹਾਲਤ ਦੀ ਸਮੀਖਿਆ ਹੋਵੇਗੀ ਅਤੇ 15 ਜਨਵਰੀ ਨੂੰ ਸਮੀਖਿਆ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ ਕੇਂਦਰ ਵੱਲੋਂ ਭੇਜੇ ਗਏ ਪ੍ਰਸਤਾਵ ਤੇ ਅੱਜ ਸਿੰਘੂ ਬਾਰਡਰ ਤੇ ਸੰਯੁਕਤ ਕਿਸਾਨ ਮੋਰਚਾ ਨੇ ਮੀਟਿੰਗ ਕੀਤੀ। ਮੀਟਿੰਗ ਵਿੱਚ ਇਸ ਗੱਲ ਤੇ ਸਹਿਮਤੀ ਬਣ ਗਈ ਕਿ ਅੰਦੋਲਨ ਖਤਮ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਅੰਦੋਲਨ ਸਥਾਨਾਂ ਤੋਂ ਕਿਸਾਨਾਂ ਨੇ ਆਪਣੇ ਟੈਂਟ ਹਟਾਉਣੇ ਸ਼ੁਰੂ ਕਰ ਦਿੱਤੇ ਸਨ।

#

Share and Enjoy !

Shares

Leave a Reply

Your email address will not be published.