Raavi voice # ਕਮਿਸ਼ਨਰ ਜਲੰਧਰ ਡਵੀਜ਼ਨ ਸ੍ਰੀ ਮੀਨਾ ਨੇ ਵੋਟਰ ਸੂਚੀਆਂ ਦੀ ਸੁਧਾਈ ਅਭਿਆਨ ਦੀ ਸੁਪਰ ਚੈਕਿੰਗ ਕੀਤੀ, ਇੱਕ ਵੀ ਯੋਗ ਵੋਟਰ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ – ਸ੍ਰੀ ਵੀ,ਕੇ, ਮੀਨਾ

बटाला

ਰਾਵੀ ਨਿਊਜ ਬਟਾਲਾ (ਸਰਵਨ ਸਿੰਘ ਕਲਸੀ)

ਵੀ.ਕੇ. ਮੀਨਾ, ਕਮਿਸ਼ਨਰ ਜਲੰਧਰ ਡਵੀਜ਼ਨ-ਕਮ-ਰੋਲ ਅਬਜ਼ਰਵਰ ਵੱਲੋਂ ਅੱਜ ਬਟਾਲਾ ਸ਼ਹਿਰ ਦਾ ਦੌਰਾ ਕਰਕੇ ਵੋਟਰ ਸੂਚੀਆਂ ਦੀ ਸੁਧਾਈ ਲਈ ਚੱਲ ਰਹੇ ਅਭਿਆਨ ਦੀ ਸੁਪਰ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੀ ਮੌਜੂਦ ਸਨ।
ਕਮਿਸ਼ਨਰ ਜਲੰਧਰ ਡਵੀਜ਼ਨ ਸ੍ਰੀ ਵੀ.ਕੇ. ਮੀਨਾ ਨੇ ਸਥਾਨਕ ਪੁਲਿਸ ਲਾਈਨ ਬਟਾਲਾ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸ਼ਟ੍ਰੇਸ਼ਨ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੋਟਰ ਸੂਚੀਆਂ ਦੀ ਸੁਧਾਈ ਪ੍ਰੋਗਰਾਮ ਬਾਰੇ ਜਾਣਕਾਰੀ ਹਾਸਲ ਕੀਤੀ। ਸ੍ਰੀ ਮੀਨਾ ਨੇ ਕਿਹਾ ਕਿ ਮਾਨਯੋਗ ਚੋਣ ਕਮਿਸ਼ਨ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਨਵੰਬਰ 2021 ਤੱਕ ਵੋਟਰ ਸੂਚੀਆਂ ਦੀ ਸੁਧਾਈ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਦੌਰਾਨ ਇੱਕ ਵੀ ਯੋਗ ਵੋਟਰ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬੀ.ਐੱਲ.ਓਜ਼ ਨੂੰ ਵਿਸ਼ੇਸ਼ ਸਿਖਲਾਈ ਦੇਣ ਦੇ ਨਾਲ ਉਨ੍ਹਾਂ ਨੂੰ ਹਦਾਇਤ ਕੀਤੀ ਜਾਵੇ ਕਿ ਵੋਟ ਬਣਾਉਣ ਲਈ ਭਰੇ ਜਾਣ ਵਾਲੇ ਫਾਰਮ ਦੇ ਸਾਰੇ ਕਾਲਮ ਭਰੇ ਜਾਣ ਅਤੇ ਨਾਲ ਜੋ ਵੀ ਲੋੜੀਂਦੇ ਦਸਤਾਵੇਜ ਹਨ ਉਨ੍ਹਾਂ ਨੂੰ ਜਰੂਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਦੀ ਯੋਗ ਕਾਰਨ ਕਰਕੇ ਵੋਟ ਕੱਟਣੀ ਹੋਵੇ ਤਾਂ ਵੋਟਰ ਨੂੰ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ ਤਾਂ ਜੋ ਉਹ ਆਪਣਾ ਪੱਖ ਪੇਸ਼ ਕਰ ਸਕੇ।
ਸ੍ਰੀ ਵੀ,ਕੇ, ਮੀਨਾ ਕਮਿਸ਼ਨਰ ਜਲੰਧਰ ਡਵੀਜ਼ਨ-ਕਮ-ਰੋਲ ਅਬਜ਼ਰਵਰ ਨੇ ਕਿਹਾ ਕਿ ਵੋਟਰ ਸੂਚੀਆਂ ਦੇ ਚੱਲ ਰਹੇ ਸੁਧਾਈ ਪ੍ਰੋਗਰਾਮ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨੇ ਚਾਹੀਦੇ ਹਨ ਤਾਂ ਜੋ ਉਹ ਵੀ ਯਕੀਨੀ ਬਣਾ ਲੈਣ ਕਿ ਉਨ੍ਹਾਂ ਦੇ ਬੂਥ ਵਿਚ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਚੋਣਕਾਰ ਰਜਿਸ਼ਟ੍ਰੇਸ਼ਨ ਅਧਿਕਾਰੀ ਪੋਲਿੰਗ ਬੂਥਾਂ ਦਾ ਖੁਦ ਨਿਰੀਖਣ ਕਰਨ ਅਤੇ ਵੋਟਰ ਸੂਚੀ ਸੁਧਾਈ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ ਅਤੇ ਨਵੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੌਰਾਨ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਹਰ ਪੋਲਿੰਗ ਬੂਥ ਉੱਪਰ ਬੀ.ਐੱਲ.ਓਜ਼. ਨੇ ਹਾਜ਼ਰ ਹੋ ਕੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਵੋਟਾਂ ਬਣਾਉਣ ਲਈ ਅਰਜ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਲਈ ਚੋਣ ਕਮਿਸ਼ਨ ਦੀ ਵੈਬਸਾਈਟ ਉੱਪਰ ਜਾ ਕੇ ਆਨ-ਲਾਈਨ ਵੀ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਵੀ ਵਿਅਕਤੀ ਦੀ ਉਮਰ 18 ਸਾਲ ਤੋਂ ਵੱਧ ਹੈ ਜਾਂ 1 ਜਨਵਰੀ 2022 ਨੂੰ 18 ਸਾਲ ਦੀ ਹੋ ਜਾਣੀ ਹੈ ਉਹ ਆਪਣੀ ਵੋਟ ਜਰੂਰ ਬਣਵਾਏ।ਮੀਟਿੰਗ ਦੌਰਾਨ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਹਰਪ੍ਰੀਤ ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀਮਤੀ ਅਮਨਦੀਪ ਕੌਰ, ਡੀ.ਡੀ.ਪੀ.ਓ. ਸ. ਹਰਜਿੰਦਰ ਸਿੰਘ ਸੰਧੂ, ਐੱਸ.ਪੀ. ਗੁਰਪ੍ਰੀਤ ਸਿੰਘ ਗਿੱਲ, ਸ. ਮਨਜਿੰਦਰ ਸਿੰਘ ਬਾਜਵਾ ਚੋਣ ਕਾਨੂਗੋ ਗੁਰਦਾਸਪੁਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *